ਹੁਕਮਾਂ ਦੀ ਉਲੰਘਣਾ ਜਾਂ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਮਾਨਸਾ, 21 ਜੁਲਾਈ: ਆਪਣੀ ਖ਼ਬਰ ਬਿਉਰੋ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ. ਨੇ ਵਿਆਪਕ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਵਿੱਚ ਨਗਰ ਕੌਂਸਲ ਮਾਨਸਾ ਅਤੇ ਹੋਰ ਸ਼ਹਿਰੀ ਨਗਰ ਕੌਂਸਲਾਂ ਦੇ ਸੈਨੀਟੇਸ਼ਨ ਸਟਾਫ (ਸਫ਼ਾਈ ਕਰਮਚਾਰੀਆਂ) ਦੀ, ਬੀਤੀ 6 ਜੁਲਾਈ ਤੋਂ ਚੱਲ ਰਹੀ ਹੜਤਾਲ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਸਖ਼ਤ ਰੁੱਖ ਅਖ਼ਤਿਆਰ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 233 ਤਹਿਤ ਪ੍ਰਾਪਤ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਸਾਫ਼ ਸਫਾਈ ਦੇ ਬਦਲਵੇਂ ਪ੍ਰਬੰਧ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋ ਜਾਰੀ ਹੁਕਮਾਂ ਅਨੁਸਾਰ ਮਾਨਸੂਨ ਸੀਜ਼ਨ ਦੌਰਾਨ ਲੰਬੇ ਸਮੇਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਗਲ ਰਹੇ ਕੂੜੇ ਦੇ ਢੇਰਾਂ, ਜਾਮ ਨਾਲੀਆਂ ਅਤੇ ਗੰਦਗੀ ਕਾਰਨ ਡੇਂਗੂ, ਮਲੇਰੀਆ, ਗੈਸਟ੍ਰੋਐਂਟਰਾਈਟਿਸ ਵਰਗੀਆਂ ਬਿਮਾਰੀਆਂ ਫੈਲਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।ਆਮ ਲੋਕਾਂ ਦੀ ਜਾਨ-ਮਾਲ ਅਤੇ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਥਿਤੀ ਨੂੰ ਸੰਕਟਕਾਲੀਨ ਮੰਨਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਨਗਰ ਕੌਂਸਲ ਮਾਨਸਾ ਅਤੇ ਜ਼ਿਲ੍ਹੇ ਦੀਆਂ ਹੋਰ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਠੇਕੇਦਾਰੀ ਏਜੰਸੀਆਂ, ਆਊਟਸੋਰਸਡ ਲੇਬਰ, ਕਿਰਾਏ ਦੇ ਵਾਹਨਾਂ ਜਾਂ ਹੋਰ ਵਿਭਾਗਾਂ ਦੇ ਸਟਾਫ਼ ਦੀ ਮਦਦ ਨਾਲ ਤੁਰੰਤ ਕੂੜਾ ਚੁੱਕਣ, ਢੋਣ ਅਤੇ ਇਸ ਦਾ ਵਿਗਿਆਨਕ ਨਿਪਟਾਰਾ ਕਰਨ ਲਈ ਬਦਲਵੇਂ ਪ੍ਰਬੰਧ ਕਰਨ।
ਇਸ ਮੁਹਿੰਮ ਵਿੱਚ ਹਸਪਤਾਲਾਂ, ਡਿਸਪੈਂਸਰੀਆਂ, ਸਕੂਲਾਂ, ਬਾਜ਼ਾਰਾਂ, ਜਲ ਸਰੋਤਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਤੋਂ ਕੂੜਾ ਚੁੱਕਣ ਨੂੰ ਪਹਿਲ ਦਿੱਤੀ ਜਾਵੇਗੀ। ਇਨ੍ਹਾਂ ਬਦਲਵੇਂ ਪ੍ਰਬੰਧਾਂ ਦਾ ਸਾਰਾ ਖ਼ਰਚਾ ਸਬੰਧਤ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਮਿਊਂਸੀਪਲ ਫੰਡ ਵਿੱਚੋਂ ਕੀਤਾ ਜਾਵੇਗਾ, ਜਿਸ ਦੀ ਪ੍ਰਵਾਨਗੀ ਬਾਅਦ ਵਿੱਚ ਕੌਂਸਲ ਦੀ ਬੈਠਕ ਵਿੱਚ ਲਈ ਜਾਵੇਗੀ।ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਮਾਨਸਾ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਜ਼ਿਲ੍ਹੇ ਭਰ ਦੀਆਂ ਨਾਲੀਆਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਜੰਗੀ ਪੱਧਰ ‘ਤੇ ਐਂਟੀ-ਲਾਰਵਾ ਸਪਰੇਅ, ਫੋਗਿੰਗ, ਕੀਟਾਣੂ-ਰਹਿਤ ਕਰਨ ਅਤੇ ਕਲੋਰੀਨੇਸ਼ਨ ਦੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਸਾਰੇ ਸਿਹਤ ਅਦਾਰਿਆਂ ਵਿੱਚ ਦਵਾਈਆਂ ਅਤੇ ਆਈ.ਵੀ. ਫਲੂਇਡਜ਼ ਦਾ ਪੂਰਾ ਸਟਾਕ ਰੱਖਣ ਲਈ ਵੀ ਕਿਹਾ ਗਿਆ ਹੈ।ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟਾਂ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਸਥਿਤੀ ਆਮ ਹੋਣ ਤੱਕ ਕੂੜਾ ਚੁੱਕਣ ਅਤੇ ਸੁਰੱਖਿਆ ਨਾਲ ਜੁੜੇ ਪਹਿਲੂਆਂ ਬਾਰੇ ਰੋਜ਼ਾਨਾ ਪ੍ਰਗਤੀ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ।ਇਹ ਹੁਕਮ ਸਫ਼ਾਈ ਸੇਵਾਵਾਂ ਪੂਰੀ ਤਰ੍ਹਾਂ ਬਹਾਲ ਹੋਣ ਤੱਕ ਲਾਗੂ ਰਹਿਣਗੇ।ਡਿਪਟੀ ਕਮਿਸ਼ਨਰ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਅਫ਼ਸਰਾਂ ਜਾਂ ਕਰਮਚਾਰੀਆਂ ਖ਼ਿਲਾਫ਼ ਪੰਜਾਬ ਮਿਊਂਸੀਪਲ ਐਕਟ ਅਤੇ ਸੇਵਾ ਨਿਯਮਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

